
ਮੋਗਾ, 16 ਜੂਨ (ਅਮਜਦ ਖ਼ਾਨ/ਜਸਵਿੰਦਰ ਧੱਲੇਕੇ) :- ਜਿਲ੍ਹਾ ਮੋਗਾ ਦੇ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ. ਡੀ. ਆਈ. ਡੀ.) ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਹਰੇਕ ਯੋਗ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਕਾਰਡ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਜੁਲਾਈ ਮਹੀਨੇ ਵਿੱਚ ਜਿਲ੍ਹਾ ਮੋਗਾ ਵਿੱਚ ਲਗਵਾਏ ਜਾਣ ਵਾਲੇ ਅਲਿਮਕੋ ਕੈਂਪਾਂ ਦਾ ਦਿਵਿਆਂਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਿਵਾਇਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿਵਿਆਂਗ ਵਿਅਕਤੀਆਂ ਨੂੰ ਪੋਰਟਲ ‘ਤੇ ਰਜਿਸਟਰ ਕਰਵਾਉਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਯੂ ਡੀ ਆਈ ਡੀ ਫਾਰਮ (ਵਿਸ਼ੇਸ਼ ਅਪੰਗਤਾ ਸਰਟੀਫਿਕੇਟ ਬਣਵਾਉਣ ਲਈ ਫਾਰਮ) ਜਿਲ੍ਹਾ ਮੋਗਾ ਦੇ ਸਾਰੇ 13 ਸੇਵਾ ਕੇਂਦਰਾਂ ਉਪਰ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਅੱਜ ਆਪਣੇ ਦਫ਼ਤਰ ਵਿਖੇ ਇਸ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਹਨਾਂ ਕਿਹਾ ਕਿ ਇਸ ਕੰਮ ਨੂੰ ਹੋਰ ਤੇਜ਼ ਕਰਨ ਦੀ ਲੋੜ੍ਹ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਦੇ ਕਾਬਿਲ ਬਣ ਸਕਣ। ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਪੂਰੀ ਤਵੱਜ਼ੋ ਦਿੱਤੀ ਜਾਵੇ। ਉਹਨਾਂ ਕਿਹਾ ਕਿ ਦਿਵਿਆਂਗ ਜਨਾਂ ਦੇ ਫਾਰਮ ਭਰਵਾਂ ਕੇ ਸੇਵਾ ਕੇਂਦਰਾਂ ਰਾਹੀਂ ‘ਤੇ ਅਪਲੋਡ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਅਰਜ਼ੀ ਫਾਰਮ ਉਕਤ ਵੈਬ-ਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਦਿਵਿਆਂਗ ਵਿਅਕਤੀ ਸਿੱਧਾ ਆਪਣੇ ਤੌਰ ਉੱਤੇ ਵੀ ਸੇਵਾ ਕੇਂਦਰਾਂ ਉੱਤੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਹਦਾਇਤ ਕੀਤੀ ਕਿ ਇਸ ਸਬੰਧੀ ਦਿਵਿਆਂਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਸਰਕਾਰੀ ਜਾਂ ਗੈਰ-ਸਰਕਾਰੀ ਸੁਵਿਧਾਵਾਂ ਤੋਂ ਵਾਂਝੇ ਨਾ ਰਹਿ ਸਕਣ। ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਸਬੰਧਤ ਸਕੂਲਾਂ ਰਾਹੀਂ ਪੋਰਟਲ ‘ਤੇ ਰਜਿਸਟਰ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਕੇਂਦਰ ਸਰਕਾਰ ਦੀਆਂ ਦੋ ਯੋਜਨਾਵਾਂ ਅਡਿੱਪ (ਅਸਿਸਟੈਂਸ ਤੋਂ ਡਿਸਏਬਲਡ ਪਰਸਨ) ਅਤੇ ਆਰ ਵੀ ਵਾਈ (ਰਾਸ਼ਟਰੀ ਵਿਓਸ਼ਰੀ ਯੋਜਨਾ) ਤਹਿਤ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਈ ਜਾਂਦੀ ਹੈ। ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਜੁਲਾਈ ਮਹੀਨੇ ਵਿੱਚ ਸਬ ਡਵੀਜ਼ਨ ਪੱਧਰ ਉੱਤੇ ਕੈਂਪ ਵੀ ਲਗਵਾਏ ਜਾਣਗੇ। ਇਹਨਾਂ ਕੈਂਪਾਂ ਦੌਰਾਨ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ।
