ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਕੇ ਆਮ ਨਾਗਰਿਕ ਵੋਟਾਂ ਸਬੰਧੀ ਲੈ ਸਕਦੇ ਹਨ ਸੇਵਾਵਾਂ : ਜ਼ਿਲ੍ਹਾ ਚੋਣ ਅਫ਼ਸਰ

0
9
ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਕੇ ਆਮ ਨਾਗਰਿਕ ਵੋਟਾਂ ਸਬੰਧੀ ਲੈ ਸਕਦੇ ਹਨ ਸੇਵਾਵਾਂ : ਜ਼ਿਲ੍ਹਾ ਚੋਣ ਅਫ਼ਸਰ

PLCTV:-


ਮੋਗਾ, 18 ਨਵੰਬਰ (ਅਮਜਦ ਖ਼ਾਨ),(PLCTV):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2023 ਦੇ ਅਧਾਰ ’ਤੇ ਵੋਟਰ ਸੂਚੀ ਦੀ ਸੱਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਵੋਟਾਂ ਬਣਾਉਣ ਸਬੰਧੀ ਪਹਿਲਾ ਸਪੈਸ਼ਲ ਕੈਂਪ ਮਿਤੀ 19 ਨਵੰਬਰ, 2022 ਦਿਨ ਸ਼ਨੀਵਾਰ ਅਤੇ 20 ਨਵੰਬਰ 2022 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ ਵੱਲੋਂ ਲਗਾਇਆ ਜਾ ਰਿਹਾ ਹੈ।

ਇਨ੍ਹਾਂ ਮਿਤੀਆਂ ਨੂੰ ਜ਼ਿਲ੍ਹਾ ਮੋਗਾ ਦੇ ਸਮੂਹ ਬੀ.ਐਲ.ਓਜ਼ ਆਪੋ-ਆਪਣੇ ਪੋਲਿੰਗ ਸਟੇਸ਼ਨ ’ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਨੂੰ ਕੋਈ ਵੀ ਯੋਗ ਨਾਗਰਿਕ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ’ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨਬੰਰ 6 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਜਾਂ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰਕੇ ਦੇ ਸਕਦੇ ਹਨ।

ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in , ਤੇ ਜਾ ਕੇ ਇਹ ਫਾਰਮ ਆਨਲਾਈਨ ਵੀ ਭਰ ਸਕਦੇ ਹਨ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ’ਤੇ ਮੁਫ਼ਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਦੀ ਉਮਰ 1 ਅਪ੍ਰੈਲ, 1 ਜੁਲਾਈ ਜਾਂ 1 ਅਕਤੂਬਰ 2023 ਵਿੱਚੋਂ ਕਿਸੇ ਵੀ ਮਿਤੀ ਨੂੰ 18 ਸਾਲ ਦੀ ਪੂਰੀ ਹੁੰਦੀ ਹੈ ਤਾਂ ਉਹ ਨਾਗਰਿਕ ਵੀ ਇਸ ਸਮੇਂ ਦੌਰਾਨ ਫਾਰਮ ਨੰਬਰ 6 ਭਰਕੇ ਦੇ ਸਕਦਾ ਹੈ।

ਉਸ ਉਪਰ ਸਬੰਧਤ ਯੋਗਤਾ ਮਿਤੀ ਦੇ ਹਵਾਲੇ ਵਿੱਚ ਸਬੰਧਤ ਤਿਮਾਹੀ ਵਿੱਚ ਵਿਚਾਰ ਅਤੇ ਫੈਸਲਾ ਕੀਤਾ ਜਾਵੇਗਾ ਅਤੇ ਪਹਿਲਾਂ ਰਜਿਸਟਰ ਹੋਏ ਵੋਟਰਾਂ ਦੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਵੀ ਫਾਰਮ ਨੰਬਰ 6-ਬੀ ਭਰੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੇ ਵੋਟਰ ਆਪਣੀ ਵੋਟ ਇੱਕ ਹੀ ਥਾਂ ’ਤੇ ਬਣਵਾਉਣ, ਜੇਕਰ ਕੋਈ ਵੋਟਰ ਦੋ ਥਾਂ ’ਤੇ ਆਪਣੀ ਵੋਟ ਬਣਵਾਉਂਦਾ ਹੈ ਤਾਂ ਉਸ ’ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ ਅਤੇ ਜਿੰਨ੍ਹਾਂ ਨਾਗਰਿਕਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ, ਉਹ ਆਪਣੀਆਂ ਵੋਟਾਂ ਪਹਿਲ ਦੇ ਆਧਾਰ ’ਤੇ ਬਣਵਾਉਣ ਅਤੇ ਜਿੰਨ੍ਹਾਂ ਵੋਟਰਾਂ ਦੇ ਵੋਟਰ ਕਾਰਡ ਅਧਾਰ ਕਾਰਡ ਨਾਲ ਲਿੰਕ ਨਹੀਂ ਹੋਏ, ਉਹ ਵੋਟਰ ਕਾਰਡਾਂ ਨੂੰ ਅਧਾਰ ਕਾਰਡਾਂ ਨਾਲ ਜਰੂਰ ਲਿੰਕ ਕਰਵਾਉਣ।

LEAVE A REPLY

Please enter your comment!
Please enter your name here