
ਮੋਗਾ, 17 ਜਨਵਰੀ (ਅਮਜਦ ਖ਼ਾਨ),(PLCTV):- ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਚਾਰੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਾ. ਅਮਨਦੀਪ ਕੌਰ ਅਰੋੜਾ, ਮਨਜੀਤ ਸਿੰਘ ਬਿਲਾਸਪੁਰ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਨੂੰ ਲੋਕ ਹਿੱਤ ’ਚ ਲਿਆ ਗਿਆ ਫੈਸਲਾ ਕਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਹਮੇਸ਼ਾਂ ਲੋਕ ਹਿੱਤਾਂ ਵਿੱਚ ਫੈਸਲੇ ਲੈਣ ਲਈ ਜਾਣੀ ਜਾਂਦੀ ਹੈ। ਇਸੇ ਤਹਿਤ ਮਾਨ ਸਰਕਾਰ ਵੱਲੋਂ ਇੱਕ ਹੋਰ ਸ਼ਲਾਘਾਯੋਗ ਫੈਂਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਧਰਤੀ ਦੇ ਪੀਣ ਯੋਗ ਪਾਣੀ ਨੂੰ ਗੰਦਾ ਹੋਣ ਤੋਂ ਬਚਾਉਣ ਲਈ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤਾ ਹੈ। ਮਾਨ ਸਾਬ੍ਹ ਨੇ ਕਿਹਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ’ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸ. ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
